ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬਾਰੇ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ ਵਿੱਕੀ ਦੀ ਸ਼ਿਕਾਇਤ ‘ਤੇ ਬੰਬੀਹਾ ਗੈਂਗ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਪ੍ਰੀਤ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਅਤੇ ਸੁਨੇਹੇ ਆ ਰਹੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਜਾਂ ਉਨ੍ਹਾਂ ਦੇ ਪਿਤਾ ਖ਼ਿਲਾਫ਼ ਕੁਝ ਵੀ ਬੋਲਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਹੈ। ਗੁਰਪ੍ਰੀਤ ਵਿੱਕੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਸਿੱਧੂ ਮੂਸੇਵਾਲਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਅਪਮਾਨ ਕਰਨਾ ਨਹੀਂ ਸੀ, ਸਗੋਂ ਉਹ ਸਿਰਫ਼ ਬਲਕੌਰ ਸਿੰਘ ਵੱਲੋਂ ਦਿੱਤੇ ਗਏ ਇੱਕ ਸਿਆਸੀ ਬਿਆਨ ਦਾ ਜਵਾਬ ਦੇ ਰਹੇ ਸਨ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉੱਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਧਮਕੀ ਦੇਣ ਵਾਲੇ ਨੰਬਰਾਂ ਅਤੇ ਸਬੰਧਤ ਗੈਂਗਸਟਰਾਂ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸੀ ਆਗੂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
