ਮੋਗਾ: ਸਕੂਲੀ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ (DC) ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਆਸ-ਪਾਸ ਅਤੇ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਸਖ਼ਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਹ ਡਰਿੰਕਸ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਮਾੜਾ ਅਸਰ ਪਾ ਰਹੇ ਹਨ, ਜਿਸ ਕਾਰਨ ਇਹ ਸਖ਼ਤੀ ਕਰਨੀ ਜ਼ਰੂਰੀ ਹੋ ਗਈ ਸੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵੱਖ-ਵੱਖ ਤਰ੍ਹਾਂ ਦੇ ਐਨਰਜੀ ਡਰਿੰਕਸ ਵਿੱਚ ਕੈਫੀਨ ਅਤੇ ਖੰਡ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜੋ ਛੋਟੀ ਉਮਰ ਦੇ ਬੱਚਿਆਂ ਲਈ ਬੇਹੱਦ ਹਾਨੀਕਾਰਕ ਹੈ। ਸਕੂਲ ਪੜ੍ਹਦੇ ਬੱਚਿਆਂ ਵਿੱਚ ਇਹਨਾਂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਲਗਾਤਾਰ ਵਧ ਰਹੀ ਸੀ, ਜਿਸ ਨਾਲ ਇਨ੍ਹਾਂ ਦੀ ਸਿਹਤ ਉੱਤੇ ਮਾੜੇ ਪ੍ਰਭਾਵ ਪੈਣ ਦਾ ਖ਼ਦਸ਼ਾ ਬਣਿਆ ਹੋਇਆ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਨੇ ਇਨ੍ਹਾਂ ਦੀ ਵਿਕਰੀ ‘ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਹੈ।
ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਤਾੜਨਾ ਕੀਤੀ ਹੈ ਕਿ ਕੋਈ ਵੀ ਵਿਅਕਤੀ ਸਕੂਲਾਂ ਦੇ ਨੇੜੇ ਜਾਂ ਛੋਟੀ ਉਮਰ ਦੇ ਬੱਚਿਆਂ ਨੂੰ ਇਹ ਡਰਿੰਕਸ ਨਾ ਵੇਚੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਅਜਿਹੇ ਨੁਕਸਾਨਦੇਹ ਪਦਾਰਥਾਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਖੁਰਾਕ ਵੱਲ ਪ੍ਰੇਰਿਤ ਕਰਨ।
