ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਪਣੇ ਸਿਆਸੀ ਸਮੀਕਰਨਾਂ ਨੂੰ ਮਜ਼ਬੂਤ ਕਰਦਿਆਂ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨ ਦਿੱਤਾ ਹੈ। ਅਜਨਾਲਾ ਵਿਖੇ ਆਯੋਜਿਤ ‘ਪੰਜਾਬ ਬਚਾਓ ਰੈਲੀ’ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਇਹ ਵੱਡਾ ਐਲਾਨ ਕੀਤਾ ਗਿਆ। ਪਾਰਟੀ ਲੀਡਰਸ਼ਿਪ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਨੇ ਹਮੇਸ਼ਾ ਜ਼ਮੀਨੀ ਪੱਧਰ ‘ਤੇ ਮਿਹਨਤ ਕਰਨ ਵਾਲੇ ਅਤੇ ਨੌਜਵਾਨ ਆਗੂਆਂ ਨੂੰ ਅੱਗੇ ਲਿਆਂਦਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋਧ ਸਿੰਘ ਸਮਰਾ ਨੇ ਹਲਕੇ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਮੁਹਿੰਮ ਵਿੱਚ ਡਟਣ ਦਾ ਸੱਦਾ ਦਿੱਤਾ ਅਤੇ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਜੋਧ ਸਿੰਘ ਸਮਰਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਜਾਵੇਗੀ। ਇਸ ਦੌਰਾਨ ਅਕਾਲੀ ਲੀਡਰਸ਼ਿਪ ਨੇ ਸੂਬੇ ਦੀ ਮੌਜੂਦਾ ਸਰਕਾਰ ‘ਤੇ ਵੀ ਤਿੱਖੇ ਨਿਸ਼ਾਨੇ ਸਾਧੇ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਮੁੜ ਸ਼ੁਰੂ ਕਰਨ ਦਾ ਵਾਅਦਾ ਕੀਤਾ।
ਟਿਕਟ ਦਾ ਐਲਾਨ ਹੋਣ ਤੋਂ ਬਾਅਦ ਜੋਧ ਸਿੰਘ ਸਮਰਾ ਨੇ ਪਾਰਟੀ ਹਾਈਕਮਾਂਡ, ਸੁਖਬੀਰ ਸਿੰਘ ਬਾਦਲ ਅਤੇ ਹਲਕੇ ਦੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਲਕਾ ਅਜਨਾਲਾ ਦੇ ਲੋਕਾਂ ਦੀ ਸੇਵਾ ਅਤੇ ਖੇਤਰ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਐਲਾਨ ਤੋਂ ਬਾਅਦ ਹਲਕੇ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
