ਅੰਮ੍ਰਿਤਸਰ- ਪੰਜਾਬ ਅਤੇ ਪੱਛਮੀ ਬੰਗਾਲ ਵਿਚਾਲੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਸਿੱਧੀ ਉਡਾਣ ਮਿਲੇਗੀ। ਇੰਡੀਗੋ 1 ਅਕਤੂਬਰ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਕੋਲਕਾਤਾ ਲਈ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ ਹਫ਼ਤੇ ਵਿੱਚ ਤਿੰਨ ਦਿਨ ਚੱਲੇਗੀ। ਇਸ ਦੇ ਨਾਲ ਹੀ ਇੰਡੀਗੋ, ਕੋਲਕਾਤਾ ਰਾਹੀਂ ਅੰਮ੍ਰਿਤਸਰ ਅਤੇ ਗੁਹਾਟੀ ਵਿਚਕਾਰ ਵੀ ਹਵਾਈ ਸੰਪਰਕ ਮੁਹੱਈਆ ਕਰਵਾਏਗੀ।
‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਇਨੀਸ਼ੀਏਟਿਵ ਦੇ ਇੰਡੀਆ ਕਨਵੀਨਰ ਅਤੇ ‘ਅੰਮ੍ਰਿਤਸਰ ਵਿਕਾਸ ਮੰਚ’ ਦੇ ਜਨਰਲ ਸਕੱਤਰ ਯੋਗੇਸ਼ ਕਾਮਰਾ ਨੇ ਇੰਡੀਗੋ ਵੱਲੋਂ ਇਸ ਰੂਟ ਦੀ ਬਹਾਲੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ, ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਵਿਚਕਾਰ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡਾ ਫ਼ਾਇਦਾ ਹੋਵੇਗਾ। ਮੌਜੂਦਾ ਜਾਰੀ ਸਮਾਂ-ਸਾਰਣੀ ਅਨੁਸਾਰ, ਕੋਲਕਾਤਾ-ਅੰਮ੍ਰਿਤਸਰ ਉਡਾਣ 6E 201 ਮੰਗਲਵਾਰ, ਵੀਰਵਾਰ ਅਤੇ ਸ਼ਨਿੱਚਰਵਾਰ ਨੂੰ ਚੱਲੇਗੀ, ਜੋ ਕੋਲਕਾਤਾ ਤੋਂ ਸਵੇਰੇ 9:45 ਵਜੇ ਰਵਾਨਾ ਹੋ ਕੇ ਦੁਪਹਿਰ 12:25 ਵਜੇ ਅੰਮ੍ਰਿਤਸਰ ਪਹੁੰਚੇਗੀ। ਵਾਪਸੀ ਲਈ ਅੰਮ੍ਰਿਤਸਰ-ਕੋਲਕਾਤਾ ਉਡਾਣ 6E 6344 ਦੁਪਹਿਰ 1:05 ਵਜੇ ਰਵਾਨਾ ਹੋ ਕੇ ਦੁਪਹਿਰ 3:35 ਵਜੇ ਕੋਲਕਾਤਾ ਪਹੁੰਚੇਗੀ, ਜਿਸ ਨਾਲ ਦੋਵਾਂ ਸ਼ਹਿਰਾਂ ਵਿਚਕਾਰ ਲਗਪਗ ਢਾਈ ਘੰਟੇ ਦਾ ਸਿੱਧਾ ਸਫ਼ਰ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਇਹ ਸੇਵਾ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ, ਸੈਲਾਨੀਆਂ, ਪਰਿਵਾਰਾਂ, ਵਿਦਿਆਰਥੀਆਂ ਅਤੇ ਵਪਾਰੀਆਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਹੋਵੇਗੀ। ਕੋਲਕਾਤਾ ਭਾਰਤ ਦੇ ਪ੍ਰਮੁੱਖ ਵਪਾਰਕ ਅਤੇ ਸੱਭਿਆਚਾਰਕ ਕੇਂਦਰਾਂ ਵਿੱਚੋਂ ਇੱਕ ਹੈ। ਇਹਨਾਂ ਉਡਾਣਾਂ ਨਾਲ ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਤੋਂ ਆਉਣ ਵਾਲੇ ਸੈਲਾਨੀਆਂ ਲਈ ਅੰਮ੍ਰਿਤਸਰ ਅਤੇ ਪੰਜਾਬ ਤੱਕ ਪਹੁੰਚ ਹੋਰ ਸੁਖਾਲੀ ਹੋਵੇਗੀ।
ਕਾਮਰਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ-ਕੋਲਕਾਤਾ ਸੇਵਾ 1 ਦਸੰਬਰ 2019 ਨੂੰ ਸ਼ੁਰੂ ਹੋਈ ਸੀ। ਦੋਵਾਂ ਨੁਮਾਇੰਦਿਆਂ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਦੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਮੁੜ ਸ਼ੁਰੂ ਹੋ ਰਹੀ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯਾਤਰੀਆਂ ਦਾ ਨਿਰੰਤਰ ਸਮਰਥਨ ਇਸ ਰੂਟ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਵਿੱਚ ਉਡਾਣਾਂ ਦੀ ਗਿਣਤੀ ਵਧਾਉਣ ਲਈ ਮਜ਼ਬੂਤ ਆਧਾਰ ਬਣਾ ਸਕਦਾ ਹੈ।
