ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਬਣਾਈ ਗਈ ਵਿਸ਼ੇਸ਼ ਕਮੇਟੀ ਦੀ ਇੱਕ ਅਹਿਮ ਮੀਟਿੰਗ ਤਲਬ ਕੀਤੀ ਹੈ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਪ੍ਰਸਤਾਵਿਤ ਸੋਧਾਂ ਅਤੇ ਐਕਟ ਨਾਲ ਜੁੜੇ ਪ੍ਰਮੁੱਖ ਪਹਿਲੂਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਹੋਰ ਮਜ਼ਬੂਤੀ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।
ਮੀਟਿੰਗ ਵਿੱਚ ਕਮੇਟੀ ਦੇ ਸੀਨੀਅਰ ਮੈਂਬਰਾਂ ਤੋਂ ਇਲਾਵਾ ਕਾਨੂੰਨੀ ਮਾਹਰ, ਗ੍ਰਹਿ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਸ਼ਿਰਕਤ ਕਰਨਗੇ। ਸਰਕਾਰ ਦਾ ਮੰਨਣਾ ਹੈ ਕਿ ਇਸ ਐਕਟ ਰਾਹੀਂ ਗੁਰੂ ਸਾਹਿਬ ਦੀ ਬੇਅਦਬੀ ਵਰਗੀਆਂ ਅਤਿ-ਸੰਵੇਦਨਸ਼ੀਲ ਘਟਨਾਵਾਂ ‘ਤੇ ਪੂਰਨ ਠੱਲ੍ਹ ਪਾਉਣ ਅਤੇ ਧਾਰਮਿਕ ਅਕੀਦਤ ਦੀ ਸੁਰੱਖਿਆ ਲਈ ਕਾਨੂੰਨੀ ਢਾਂਚੇ ਨੂੰ ਹੋਰ ਸਖ਼ਤ ਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਦੌਰਾਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਸਜ਼ਾਵਾਂ ਤੈਅ ਕਰਨ ਅਤੇ ਅਦਾਲਤੀ ਕਾਰਵਾਈ ਨੂੰ ਤੇਜ਼ ਕਰਨ ਲਈ ਵਿਸ਼ੇਸ਼ ਪ੍ਰਬੰਧਾਂ ‘ਤੇ ਵੀ ਚਰਚਾ ਹੋਣ ਦੀ ਉਮੀਦ ਹੈ।
ਸੂਤਰਾਂ ਅਨੁਸਾਰ, ਸਰਕਾਰ ਇਸ ਗੱਲ ‘ਤੇ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ ਕਿ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੇੜ੍ਹੇ ਠੋਸ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਕਮੇਟੀ ਆਪਣੀਆਂ ਅੰਤਿਮ ਸਿਫ਼ਾਰਸ਼ਾਂ ਤਿਆਰ ਕਰਦੇ ਸਮੇਂ ਸਮਾਜ ਦੇ ਵੱਖ-ਵੱਖ ਵਰਗਾਂ, ਸਿੱਖ ਵਿਦਵਾਨਾਂ, ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਸੁਝਾਵਾਂ ਦਾ ਪੂਰਾ ਧਿਆਨ ਰੱਖੇ, ਤਾਂ ਜੋ ਕਾਨੂੰਨ ਵਿੱਚ ਕੋਈ ਕਮੀ ਨਾ ਰਹਿ ਜਾਵੇ। ਇਹ ਮੀਟਿੰਗ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਦੇ ਅਗਲੇ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲ ਦੇ ਖਰੜੇ ਲਈ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋ ਸਕਦੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਕਦਮ ਨਾ ਸਿਰਫ਼ ਪੰਜਾਬ ‘ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰੇਗਾ, ਸਗੋਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਲਈ ਇੱਕ ਸਖ਼ਤ ਚੇਤਾਵਨੀ ਵੀ ਬਣੇਗਾ।
