ਸਮਾਣਾ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਮਾਣਾ ਵਿਖੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਨੇ ਮੰਤਰੀ ਦੀ ਸਰਕਾਰੀ ਰਿਹਾਇਸ਼ ਦੀ ਵਰਤੋਂ ‘ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਸਿਹਤ ਮੰਤਰੀ ਦੱਸਣ ਕਿ ਉਨ੍ਹਾਂ ਨੇ ਪੰਜਾਬ ਦੇ ਕਿੰਨੇ ਬਿਮਾਰ ਲੋਕਾਂ ਲਈ ਆਪਣੇ ਮੰਤਰੀ ਵਾਲੇ ਬੰਗਲੇ ਦੇ ਦਰਵਾਜ਼ੇ ਖੋਲ੍ਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਪੰਜਾਬੀਆਂ ਦੇ ਸਰੋਤਾਂ ਅਤੇ ਹੱਕਾਂ ਦੀ ਰਾਖੀ ਕਰਨ ਦੀ ਬਜਾਏ ਬਾਹਰਲੇ ਵਿਅਕਤੀਆਂ ਨੂੰ ਵਿਸ਼ੇਸ਼ ਸਹੂਲਤਾਂ ਦੇ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਰਾਜਸਥਾਨ ਨਾਲ ਸਬੰਧਤ ਨਿਵਾਸੀ ਲਈ ਅਜਿਹਾ ਵਿਸ਼ੇਸ਼ “ਤਰਸ” ਕਿਉਂ ਦਿਖਾਇਆ ਗਿਆ ਅਤੇ ਪੂਰਾ ਬੰਗਲਾ ਉਸ ਦੇ ਹਵਾਲੇ ਕਿਉਂ ਕੀਤਾ ਗਿਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਜਨਤਾ ਦੇ ਪੈਸੇ ਦੀ ਹੁੰਦੀ ਇਸ ਵਰਤੋਂ ਬਾਰੇ ਸਪੱਸ਼ਟੀਕਰਨ ਦੇਵੇ।
ਸਿਹਤ ਸੁਵਿਧਾਵਾਂ ਦੀ ਖਰਾਬ ਹਾਲਤ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦੇ ਵਾਅਦੇ ਕੀਤੇ ਗਏ ਸਨ, ਪਰ ਅਜੇ ਤੱਕ ਇੱਕ ਵੀ ਨਵਾਂ ਕਾਲਜ ਨਹੀਂ ਬਣ ਸਕਿਆ। ਪਟਿਆਲਾ ਦੇ ਪ੍ਰਮੁੱਖ ਰਾਜਿੰਦਰਾ ਹਸਪਤਾਲ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਉੱਥੇ ਡਾਕਟਰ ਟਾਰਚ ਦੀ ਰੋਸ਼ਨੀ ਵਿੱਚ ਆਪ੍ਰੇਸ਼ਨ ਕਰਨ ਲਈ ਮਜਬੂਰ ਹਨ। ਇਸ ਤੋਂ ਇਲਾਵਾ ਉਨ੍ਹਾਂ ਸਥਾਨਕ ਸਰਕਾਰੀ ਹਸਪਤਾਲਾਂ ਦੀ ਤਰਸਯੋਗ ਹਾਲਤ ਦਾ ਹਵਾਲਾ ਦਿੰਦਿਆਂ ਮੌਜੂਦਾ ਸਿਹਤ ਢਾਂਚੇ ਨੂੰ ਪੂਰੀ ਤਰ੍ਹਾਂ ਨਾਕਾਮ ਦੱਸਿਆ।
