ਚੰਡੀਗੜ੍ਹ- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਨਵੀਂ ਕਮਾਨ ਦੇ ਐਲਾਨ ਤੋਂ ਐਨ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਹੀ ਆਪਣੇ ਆਪ ਨੂੰ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਐਕਸ (X) ਖਾਤੇ ’ਤੇ ਖ਼ੁਦ ਹੀ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ’ ਐਲਾਨ ਦਿੱਤਾ ਹੈ। ਰਾਜਾ ਵੜਿੰਗ ਦੇ ਇਸ ਐਲਾਨ ਤੋਂ ਸਾਫ਼ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।
ਕਾਂਗਰਸ ਹਾਈਕਮਾਂਡ ਵੱਲੋਂ ਹੁਣ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਨਵਾਂ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਰਾਜਾ ਵੜਿੰਗ ਦੇ ਅਸਤੀਫ਼ੇ ਮਗਰੋਂ ਕਾਂਗਰਸੀ ਸਫ਼ਾਂ ਵਿੱਚ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਨੂੰ ਬ੍ਰੇਕ ਲਾਉਣ ਲਈ ਆਖ਼ਰਕਾਰ ਹਾਈਕਮਾਂਡ ਨੇ ਆਪਣੇ ਪੁਰਾਣੇ ਫ਼ੈਸਲੇ ਨੂੰ ਬਦਲ ਦਿੱਤਾ ਹੈ। ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਜਨਤਕ ਤੌਰ ’ਤੇ ਰਾਜਾ ਵੜਿੰਗ ਖ਼ਿਲਾਫ਼ ਪੈਂਤੜਾ ਲੈ ਲਿਆ ਸੀ, ਤਾਂ ਹਾਈਕਮਾਂਡ ਨੇ ਇੱਕ ਦਫ਼ਾ ਕਿਸੇ ਧੜੇ ਦੇ ਦਬਾਅ ਹੇਠ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ।
ਆਖ਼ਰਕਾਰ ਹਾਈਕਮਾਂਡ ਨੇ ਪਹਿਲਾਂ ਪੱਖਪਾਤੀ ਭੂਮਿਕਾ ਵਿੱਚ ਰਹੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਬਦਲਿਆ ਅਤੇ ਹੁਣ ਰਾਜਾ ਵੜਿੰਗ ਦੀ ਵੀ ਛੁੱਟੀ ਕਰ ਦਿੱਤੀ ਹੈ। ਚੰਨੀ ਧੜੇ ਦੀ ਇਹ ਦੂਸਰੀ ਜਿੱਤ ਹੈ ਕਿ ਉਹ ਵੜਿੰਗ ਨੂੰ ਪ੍ਰਧਾਨਗੀ ਤੋਂ ਲਾਹੁਣ ਵਿੱਚ ਸਫ਼ਲ ਰਹੇ ਹਨ ਅਤੇ ਇਸ ਤੋਂ ਪਹਿਲਾਂ ਬਘੇਲ ਨੂੰ ਬਦਲੇ ਜਾਣ ਨਾਲ ਵੀ ਚੰਨੀ ਧੜੇ ਨੇ ਰਾਹਤ ਮਹਿਸੂਸ ਕੀਤੀ ਸੀ। ਹੁਣ ਸਭ ਦੀਆਂ ਨਜ਼ਰਾਂ ਹਾਈਕਮਾਂਡ ਦੇ ਅਗਲੇ ਫ਼ੈਸਲੇ ’ਤੇ ਹਨ ਕਿ ਨਵੀਂ ਕਮਾਨ ਕਿਸ ਚਿਹਰੇ ਦੇ ਹੱਥ ਦਿੱਤੀ ਜਾਂਦੀ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੋਂ ਇਲਾਵਾ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦਾ ਨਾਮ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ।
