ਮੋਗਾ: ਕੇਂਦਰ ਸਰਕਾਰ ਵੱਲੋਂ ਆਗਾਮੀ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਕੀਤੇ ਗਏ 25 ਰੁਪਏ ਦੇ ਮਾਮੂਲੀ ਵਾਧੇ ‘ਤੇ ਕਿਸਾਨ ਆਗੂ ਰਛਪਾਲ ਜੋੜਾਮਾਜਰਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਦੇ ਅੰਨਦਾਤੇ ਨਾਲ ਇਕ ‘ਕੋਝਾ ਮਜ਼ਾਕ’ ਕਰਾਰ ਦਿੱਤਾ ਹੈ। ਰਛਪਾਲ ਜੋੜਾਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਲਾਗਤਾਂ ਵਿੱਚ ਬੇਤਹਾਸ਼ਾ ਵਾਧਾ ਹੋ ਚੁੱਕਾ ਹੈ। ਡੀਜ਼ਲ, ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਮਜ਼ਦੂਰੀ ਦੇ ਰੇਟ ਆਸਮਾਨ ਛੂਹ ਰਹੇ ਹਨ। ਅਜਿਹੇ ਸਮੇਂ ਵਿੱਚ ਕਣਕ ਦੇ ਰੇਟ ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ, ਪਰ ਅਮਲੀ ਰੂਪ ਵਿੱਚ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕਿਆ ਜਾ ਰਿਹਾ ਹੈ। ਜੋੜਾਮਾਜਰਾ ਨੇ ਕਿਹਾ ਕਿ ਇਹ ਮਾਮੂਲੀ ਵਾਧਾ ਕਿਸਾਨਾਂ ਦੀ ਲਾਗਤ ਤੱਕ ਨੂੰ ਪੂਰਾ ਨਹੀਂ ਕਰ ਸਕਦਾ। ਸਰਕਾਰ ਵਿਰੁੱਧ ਆਰਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਰਛਪਾਲ ਜੋੜਾਮਾਜਰਾ ਨੇ ਕਿਹਾ ਕਿ ਕਿਸਾਨ ਹੁਣ ਚੁੱਪ ਨਹੀਂ ਬੈਠਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਣਕ ਦੇ ਮੁੱਲ ‘ਚ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ (C2+50% ਫਾਰਮੂਲੇ) ਮੁਤਾਬਕ ਵਾਧਾ ਨਾ ਕੀਤਾ, ਤਾਂ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
