ਅਬੋਹਰ: ਪੰਜਾਬ ਪੁਲਿਸ ਨੂੰ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਅਬੋਹਰ ਵਿੱਚ ਹੋਏ ਬਹੁਚਰਚਿਤ ਸ਼ੋਅਰੂਮ ਮਾਲਕ ਕਤਲ ਮਾਮਲੇ ਵਿੱਚ ਇੱਕ ਵੱਦੀ ਸਫਲਤਾ ਹਾਸਲ ਹੋਈ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਕਾਰਵਾਈ ਕਰਦਿਆਂ ਇਸ ਵਾਰਦਾਤ ਵਿੱਚ ਸ਼ਾਮਲ 5 ਲੱਖ ਰੁਪਏ ਦੇ ਇਨਾਮੀ ਸ਼ੂਟਰ ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਅਬੋਹਰ ‘ਚ ਦਿਨ-ਦਿਹਾੜੇ ਸ਼ੋਅਰੂਮ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਸਨਸਨੀਖੇਜ਼ ਮਾਮਲੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਪੁਲਿਸ ਵੱਲੋਂ ਦੋਸ਼ੀ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਪੁਲਿਸ ਪ੍ਰਸ਼ਾਸਨ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ 5 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।
ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਹਿਸਾਰ ‘ਚ ਛਾਪੇਮਾਰੀ ਕਰਕੇ ਦੋਸ਼ੀ ਨੂੰ ਸ਼ਿਕੰਜੇ ‘ਚ ਲਿਆ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਪਿੱਛੇ ਮੁੱਖ ਸਾਜ਼ਿਸ਼ਕਰਤਾ ਕੌਣ ਸਨ ਅਤੇ ਇਸ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਸਨ। ਫਿਲਹਾਲ ਪੁਲਿਸ ਵੱਲੋਂ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਕਤਲ ਵਿੱਚ ਵਰਤੇ ਗਏ ਹਥਿਆਰਾਂ ਅਤੇ ਇਸ ਨਾਲ ਜੁੜੇ ਹੋਰ ਲਿੰਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾ ਸਕੇ।
