ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਗੈਰ-ਕਾਨੂੰਨੀ ਪਿਸਤੌਲ, 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਇਸ ਪ੍ਰਾਪਤੀ ਨੂੰ ਇੱਕ ਵੱਡੀ ਸਫ਼ਲਤਾ ਦੱਸਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਇਸ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਜਾਂਚ ਵਿੱਚ ਮੁਲਜ਼ਮਾਂ ਦੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਨਾਲ ਸਬੰਧਾਂ ਦਾ ਵੀ ਖੁਲਾਸਾ ਹੋਇਆ ਹੈ।
ਇਸ ਸਬੰਧ ਵਿੱਚ ਥਾਣਾ ਛਾਉਣੀ, ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਪੁਲੀਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
