ਅੰਮ੍ਰਿਤਸਰ- ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵਿਖੇ ਮੰਗ ਪੱਤਰ ਦੇਣ ਆਏ ਆਪ ਦੇ ਵਿਧਾਇਕਾਂ ਦੀ ਇਸ ਕਾਰਵਾਈ ਦੌਰਾਨ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ। ਜਿਸ ਤਹਿਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਹਦਾਇਤ ’ਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ 13 ਵਿਧਾਇਕਾਂ ਸਮੇਤ 15 ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ।
ਜਿੰਨ੍ਹਾਂ ਵਿਧਾਇਕਾਂ ਅਤੇ ਆਪ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਹੈ, ਉਨ੍ਹਾਂ ਵਿੱਚ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਜੀਵਨ ਜੋਤ ਕੌਰ, ਦਲਬੀਰ ਸਿੰਘ ਟੌਂਗ (ਸਾਰੇ ਅੰਮ੍ਰਿਤਸਰ ਜਿਲੇ ਦੇ ਵਿਧਾਇਕ), ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਖੇਮਕਰਨ ਤੋਂ ਸਰਵਨ ਸਿੰਘ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ, ਫਤਿਹਗੜ੍ਹ ਚੂੜੀਆਂ ਤੋਂ ਜੋਬਨ ਸਿੰਘ, ਤਰਨ ਤਾਰਨ ਤੋਂ ਹਰਮੀਤ ਸਿੰਘ, ਦਸੂਹਾ ਤੋਂ ਕਰਮਬੀਰ ਸਿੰਘ, ਉੜਮੁੜ ਤੋਂ ਜਸਬੀਰ ਸਿੰਘ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਰਾਜਾਸਾਂਸੀ ਤੋਂ ਆਪ ਆਗੂ ਸੋਨੀਆ ਮਾਨ ਅਤੇ ਕਾਦੀਆਂ ਤੋਂ ਗੁਰ ਇਕਬਾਲ ਸਿੰਘ ਸ਼ਾਮਿਲ ਹਨ। ਇਨ੍ਹਾਂ ਸਾਰਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿੱਚ ਸਪਸ਼ਟੀਕਰਨ ਦੇਣ ਲਈ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੱਦਿਆ ਗਿਆ ਹੈ।
