ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਨਿਰਧਾਰਿਤ ਸਮੇਂ ਅਨੁਸਾਰ ਦੁਪਹਿਰ 2 ਵਜੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਅੱਗੇ ਪੁੱਛਗਿੱਛ ਲਈ ਪੇਸ਼ ਹੋਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਦੂਜੀ ਵਾਰ ਸੀ ਬੀ ਆਈ ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਵੀ ਸੀ ਬੀ ਆਈ ਉਹਨਾਂ ਤੋਂ ਕਰੀਬ ਛੇ ਘੰਟੇ ਪੁੱਛਗਿੱਛ ਕਰ ਚੁੱਕੀ ਹੈ ।ਅੱਜ ਰਾਜਬੀਰ ਸਿੰਘ ਘੁੰਮਣ 2 ਵਜੇ ਸੀਬੀਆਈ ਦੇ ਦਫ਼ਤਰ ਪੁੱਜੇ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੀਬੀਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਮਾਮਲੇ ਦੀ ਚੱਲ ਰਹੀ ਜਾਂਚ ਅਤੇ ਦਰਜ ਐੱਫ ਆਈ ਆਰ ‘ਤੇ ਰੋਕ ਲਗਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐੱਸ ਐੱਲ ਪੀ) ਦਾਇਰ ਕਰ ਦਿੱਤੀ ਸੀ।
ਦੱਸਣਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀਬੀਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲੀਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ।ਸੀਬੀਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
