ਭਿੱਖੀਵਿੰਡ- ਖੇਮਕਰਨ ਵਿਧਾਨ ਸਭਾ ਹਲਕੇ ਵਿੱਚ ਪੰਜ ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੇ ਕਰੀਬੀ ਹੋਣ ਦਾ ਦਾਅਵਾ ਕਰਦਿਆਂ ਆਪਣੀ ਫੇਸਬੁੱਕ ਉੱਪਰ ਇੱਕ ਪੋਸਟ ਪਾ ਕੇ ਸਵਾਲ ਖੜ੍ਹੇ ਕੀਤੇ ਹਨ। ਦੂਜੇ ਪਾਸੇ, ‘ਆਪ’ ਵਿਧਾਇਕ ਸਰਵਨ ਸਿੰਘ ਧੁੰਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਹੋਣ ਦੀ ਗੱਲ ਕਹੀ ਹੈ ਅਤੇ ਆਖਿਆ ਹੈ ਕਿ ਜੇਕਰ ਕਿਸੇ ਦੀ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਪ੍ਰੋ. ਵਲਟੋਹਾ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਦਾਅਵਾ ਕੀਤਾ ਕਿ ਪਿੰਡ ਰਾਜੋਕੇ ਦੇ ਲਖਵਿੰਦਰ ਸਿੰਘ ਖਿੰਦਾ ਉਰਫ਼ ਛੋਟਾ ਧੁੰਨ ਨੂੰ ਐੱਨ.ਸੀ.ਬੀ. (NCB) ਵੱਲੋਂ ਪੰਜ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਖਵਿੰਦਰ ਸਿੰਘ ਮੌਜੂਦਾ ਵਿਧਾਇਕ ਸਰਵਨ ਸਿੰਘ ਧੁੰਨ ਦਾ ਕਰੀਬੀ ਹੈ। ਵਲਟੋਹਾ ਨੇ ਇਹ ਵੀ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਖੇਮਕਰਨ ਹਲਕੇ ਵਿੱਚ ਪਾਰਟੀ ਨਾਲ ਸਬੰਧਤ ਦੂਜੇ ਸਰਪੰਚ ਦੀ ਗ੍ਰਿਫ਼ਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਵਿਧਾਇਕ ਨੇ ਅੱਗੇ ਕਿਹਾ ਕਿ ਜੇਕਰ ਨਸ਼ਿਆਂ ਦੇ ਕਾਰੋਬਾਰ ਵਿੱਚ ਕਿਸੇ ਦੀ ਸ਼ਮੂਲੀਅਤ ਸਾਬਤ ਹੁੰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਇਸ ਮਾਮਲੇ ਨੂੰ ਲੈ ਕੇ ਦੋਵਾਂ ਆਗੂਆਂ ਵਿਚਾਲੇ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਹਾਲਾਂਕਿ, ਮਾਮਲੇ ਵਿੱਚ ਲੱਗੇ ਦੋਸ਼ਾਂ ਅਤੇ ਕਥਿਤ ਸਿਆਸੀ ਸਬੰਧਾਂ ਦੀ ਅਧਿਕਾਰਤ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
