ਧੂਰੀ- ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਦੇ ਸਾਹਮਣੇ ਆਉਂਦਿਆਂ ਹੀ ਹਲਕਾ ਧੂਰੀ ਵਿੱਚ ‘ਆਪ’ ਕੈਡਰ ਵੱਲੋਂ ਢੋਲ ਵਜਾ ਕੇ ਅਤੇ ਮਿਠਾਈਆਂ ਵੰਡ ਕੇ ਜਸ਼ਨ ਮਨਾਇਆ ਗਿਆ।
ਸਥਾਨਕ ਆਗੂਆਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੇ ਧੂਰੀ ਤੋਂ ਚੋਣ ਲੜਨ ਦੇ ਫ਼ੈਸਲੇ ਨਾਲ ਪੂਰੇ ਖੇਤਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਵਰਕਰਾਂ ਅਨੁਸਾਰ ਮੁੱਖ ਮੰਤਰੀ ਦੇ ਆਪਣੇ ਹਲਕੇ ਤੋਂ ਮੈਦਾਨ ਵਿੱਚ ਉਤਰਨ ਨਾਲ ਨਾ ਸਿਰਫ਼ ਧੂਰੀ ਬਲਕਿ ਆਸ-ਪਾਸ ਦੇ ਪੂਰੇ ਮਾਲਵਾ ਖੇਤਰ ਵਿੱਚ ਪਾਰਟੀ ਚੋਣ ਪ੍ਰਚਾਰ ਨੂੰ ਵੱਡਾ ਹੁਲਾਰਾ ਮਿਲੇਗਾ।
ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਇਕੱਠੇ ਹੋਏ ਪਾਰਟੀ ਸਮਰਥਕਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਚੋਣ ਪ੍ਰਚਾਰ ਨੂੰ ਹੇਠਲੇ ਪੱਧਰ ‘ਤੇ ਤੇਜ਼ ਕਰਨ ਦਾ ਅਹਿਦ ਲਿਆ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਲੋਕ-ਹਿੱਤੂ ਕੰਮਾਂ ਅਤੇ ਵਿਕਾਸ ਯੋਜਨਾਵਾਂ ਦੇ ਦਮ ‘ਤੇ ਧੂਰੀ ਦੇ ਲੋਕ ਇੱਕ ਵਾਰ ਫਿਰ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ।
