ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਮੰਗਲਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਵੀ ਮੋਹਨ ਨੂੰ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਮ ਆਦਮੀ ਪਾਰਟੀ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਰਵੀ ਮੋਹਨ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿੰਦਿਆਂ ਦੀਨਾਨਗਰ ਅਤੇ ਭੋਆ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ ਦੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਬਿਆਨ ਅਨੁਸਾਰ, ਰਵੀ ਮੋਹਨ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੋਕ-ਪੱਖੀ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਪਾਰਟੀ ਆਗੂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਰਵੀ ਮੋਹਨ ਦਾ ਆਮ ਆਦਮੀ ਪਾਰਟੀ ਵਿੱਚ ਤਹਿ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਰਵੀ ਮੋਹਨ ਕੋਲ ਜ਼ਮੀਨੀ ਪੱਧਰ ਦੀ ਸਿਆਸਤ ਅਤੇ ਜਥੇਬੰਦਕ ਗਤੀਵਿਧੀਆਂ ਦਾ ਲੰਮਾ ਤਜਰਬਾ ਹੈ। ਸੇਖਵਾਂ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਇਸ ਤਜਰਬੇ ਅਤੇ ਸਾਥ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।
