ਚੰਡੀਗੜ੍ਹ- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਮਕੌਰ ਸਾਹਿਬ ਹਲਕੇ ਤੋਂ ਟਿਕਟ ਕੱਟੇ ਜਾਣ ’ਤੇ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਖ਼ਿਲਾਫ਼ ਤਿੱਖੀ ਭੜਾਸ ਕੱਢੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਵਿੱਚ ਕਿਸੇ ਦੀ ਕੋਈ ਸੁਣਵਾਈ ਨਹੀਂ ਹੈ ਅਤੇ ਪਿਛਲੇ ਇੱਕ ਸਾਲ ਤੋਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਲਕੇ ਦੇ ਪ੍ਰੋਜੈਕਟਾਂ ਬਾਰੇ ਗੱਲ ਕਰਨ ਲਈ ਸਿਰਫ਼ ਦੋ ਮਿੰਟ ਦਾ ਸਮਾਂ ਵੀ ਨਹੀਂ ਦਿੱਤਾ। ਡਾ. ਚਰਨਜੀਤ ਸਿੰਘ ਨੇ ਦਾਅਵਾ ਕੀਤਾ, “ਮੈਂ ਪਿਛਲੇ ਇੱਕ ਸਾਲ ਤੋਂ ਆਪਣੇ ਹਲਕੇ ਦੇ ਕੁਝ ਪ੍ਰੋਜੈਕਟਾਂ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰਨ ਲਈ ਸਿਰਫ਼ ਦੋ ਮਿੰਟ ਦਾ ਸਮਾਂ ਮੰਗ ਰਿਹਾ ਹਾਂ, ਪਰ ਮੈਨੂੰ ਸਮਾਂ ਨਹੀਂ ਮਿਲਿਆ। ਮੈਂ ਉਨ੍ਹਾਂ ਦੇ ਓ.ਐੱਸ.ਡੀ. (OSD) ਅਤੇ ਇੰਚਾਰਜ ਆਈ.ਏ.ਐੱਸ. ਅਧਿਕਾਰੀ ਤੱਕ ਵੀ ਪਹੁੰਚ ਕੀਤੀ, ਪਰ ਮੁਲਾਕਾਤ ਨਹੀਂ ਹੋ ਸਕੀ। ਜੇਕਰ ਇੱਕ ਵਿਧਾਇਕ ਨੂੰ ਸਮਾਂ ਨਹੀਂ ਮਿਲਦਾ ਤਾਂ ਆਮ ਆਦਮੀ ਕੀ ਉਮੀਦ ਰੱਖ ਸਕਦਾ ਹੈ?” ਉਨ੍ਹਾਂ ਇਹ ਵੀ ਦੱਸਿਆ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਲਈ ਮੰਗੇ ਗਏ ਸਮੇਂ ਨੂੰ ਵੀ ਦੋ ਮਹੀਨੇ ਬੀਤ ਚੁੱਕੇ ਹਨ, ਪਰ ਮੁਲਾਕਾਤ ਨਹੀਂ ਹੋਈ।
ਪਾਰਟੀ ਦੇ ਇਸ ਫੈਸਲੇ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਸਪੱਸ਼ਟ ਐਲਾਨ ਕੀਤਾ ਕਿ ਉਹ ਹਰ ਹਾਲਤ ਵਿੱਚ ਚਮਕੌਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਰਨਗੇ ਅਤੇ ਦਾਅਵਾ ਕੀਤਾ ਕਿ ਹੋਰ ਸਿਆਸੀ ਪਾਰਟੀਆਂ ਵੀ ਉਨ੍ਹਾਂ ਨਾਲ ਸੰਪਰਕ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ ਚਮਕੌਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਗੜ੍ਹੀ ਨੂੰ ਅਗਸਤ ਮਹੀਨੇ ਵਿੱਚ ਹੀ ਇਸ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।
ਆਪਣੇ ਕਾਰਜਕਾਲ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੇ 50 ਪਿੰਡਾਂ ਲਈ 75 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਲਾਗੂ ਕਰਵਾਈ, 50 ਬਿਸਤਰਿਆਂ ਦਾ ਹਸਪਤਾਲ ਬਣਵਾਇਆ ਅਤੇ ਪੀਣ ਵਾਲੇ ਪਾਣੀ ਦੇ ਦੋ ਪ੍ਰੋਜੈਕਟ ਸਥਾਪਤ ਕੀਤੇ। ਇਸ ਤੋਂ ਇਲਾਵਾ ਪਟਵਾਰਖਾਨਾ, ਪਸ਼ੂ ਹਸਪਤਾਲ, ਫਾਇਰ ਬ੍ਰਿਗੇਡ ਦਫ਼ਤਰ, ਹੈਂਡਬਾਲ ਕੋਰਟ, ਕਈ ਬੱਸ ਅੱਡੇ ਅਤੇ ਆਮ ਆਦਮੀ ਕਲੀਨਿਕ ਵੀ ਖੁਲ੍ਹਵਾਏ ਗਏ। ਦੱਸਣਯੋਗ ਹੈ ਕਿ 2017 ਵਿੱਚ ਚਮਕੌਰ ਸਾਹਿਬ ਤੋਂ ਚੋਣ ਹਾਰਨ ਤੋਂ ਬਾਅਦ ਡਾ. ਚਰਨਜੀਤ ਸਿੰਘ ਨੇ 2022 ਵਿੱਚ ਇੱਥੋਂ ਜਿੱਤ ਦਰਜ ਕੀਤੀ ਸੀ। ਦੂਜੇ ਪਾਸੇ, ਜਸਵੀਰ ਸਿੰਘ ਗੜ੍ਹੀ ਜਨਵਰੀ 2025 ਵਿੱਚ ਬਸਪਾ ਛੱਡ ਕੇ ¹ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਪਹਿਲਾਂ ਉਹ 2022 ਵਿੱਚ ਫਗਵਾੜਾ ਤੋਂ ਵਿਧਾਨ ਸਭਾ ਅਤੇ 2024 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਹਾਰ ਚੁੱਕੇ ਹਨ।
