ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਵਾਸਤੇ ਸਥਾਨਕ ਅਦਾਲਤ ਨੇ ਕਸਟਡੀ ਪੈਰੋਲ ਤਹਿਤ 21 ਨਵੰਬਰ ਨੂੰ ਇੱਕ ਦਿਨ ਵਾਸਤੇ ਆਗਿਆ ਦਿੱਤੀ ਹੈ, ਜਦੋਂ ਕਿ 22 ਅਤੇ 23 ਨਵੰਬਰ ਨੂੰ ਫੁੱਲ ਚੁਗਣ ਅਤੇ ਭੋਗ ਸਮਾਗਮ ਵਿੱਚ ਵੀਡੀਓ ਕਾਨਫਰੰਸ ਰਾਹੀਂ ਸ਼ਾਮਿਲ ਹੋਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਵਧੀਕ ਸੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਹੁਕਮ ਸੁਣਾਇਆ ਗਿਆ ਹੈ। ਅਦਾਲਤ ਨੇ ਹੁਕਮ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ।
ਅਦਾਲਤੀ ਹੁਕਮ ਅਨੁਸਾਰ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਯਾਤਰਾ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਖਰਚਾ ਉਸ ਵੱਲੋਂ (ਅੰਮ੍ਰਿਤਪਾਲ ਸਿੰਘ) ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਸਬੰਧੀ ਕਿਸੇ ਅਣਸੁਖਾਵੀਂ ਸਥਿਤੀ ਦੀ ਸੂਰਤ ਵਿੱਚ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ। ਜਾਣਕਾਰੀ ਅਨੁਸਾਰ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।
8 ਨਵੰਬਰ ਨੂੰ ਹੋਇਆ ਸੀ ਦਾਦੀ ਦਾ ਦੇਹਾਂਤ- ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਲੰਮੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਪਰਿਵਾਰ ਦੀ ਇੱਛਾ ਸੀ ਕਿ ਉਹ ਆਪਣੀ ਦਾਦੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕਰਨ ਅਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ। ਇਸ ਤੋਂ ਪਹਿਲਾਂ ਵੀ ਅਦਾਲਤ ਨੇ 14 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਸੀ ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਨਾ ਹੋ ਸਕਣ ਕਾਰਨ ਅੰਮ੍ਰਿਤਪਾਲ ਸਿੰਘ ਇੱਥੇ ਨਹੀਂ ਪਹੁੰਚ ਸਕੇ ਸਨ। ਇਸ ਮਗਰੋਂ ਉਨ੍ਹਾਂ ਦੇ ਵਕੀਲਾਂ ਨੇ ਪੈਰੋਲ ਦੀ ਤਰੀਕ ਬਦਲਣ ਲਈ ਨਵੀਂ ਅਰਜ਼ੀ ਦਾਇਰ ਕੀਤੀ ਸੀ।
ਤਿੰਨ ਦਿਨਾਂ ਦੀ ਰਾਹਤ ਮੰਗੀ ਸੀ- ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਪਹਿਲਾਂ 21 ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਅੰਤਰਿਮ ਰਾਹਤ ਮੰਗੀ ਸੀ। ਇਸ ਵਿੱਚ 21 ਨਵੰਬਰ ਨੂੰ ਸਸਕਾਰ, 22 ਨਵੰਬਰ ਨੂੰ ਅਸਥੀਆਂ ਅਤੇ 23 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਵੀ ਇਸ ਸਬੰਧੀ ਜਵਾਬ ਮੰਗਿਆ ਸੀ। ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ।
