ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਮਾਮਲੇ ਵਿੱਚ ਤੁਰੰਤ ਨੋਟਿਸ ਲੈਂਦਿਆਂ ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਹੈ। ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਪੁੱਜੀ ਰਿਪੋਰਟ ਅਤੇ ਸ਼ਿਕਾਇਤ ਅਨੁਸਾਰ ਇਸ ਮਾਮਲੇ ਵਿੱਚ ਬੇਅਦਬੀ ਹੋਣ ਤੋਂ ਬਾਅਦ ਪ੍ਰਬੰਧਕਾਂ ਨੇ ਕਥਿਤ ਤੌਰ ਉੱਤੇ ਮਾਮਲੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਅਤੇ ਗੁਰੂ ਘਰ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਵਿੱਚ ਅਣਗਹਿਲੀ ਵਰਤੀ ਹੈ, ਜਿਸ ਕਰਕੇ ਸਿੱਖ ਸੰਗਤ ਦੇ ਮਨਾਂ ਵਿੱਚ ਭਾਰੀ ਰੋਸ ਹੈ।
ਇਸ ‘ਤੇ ਕਾਰਵਾਈ ਕਰਦਿਆਂ ਜਥੇਦਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ, ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਆਪਣਾ ਲਿਖਤੀ ਸਪੱਸ਼ਟੀਕਰਨ ਲੈ ਕੇ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਿੱਥ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਤਿਲਕ ਨਗਰ ਵਿੱਚ ਵਾਪਰੀ ਘਟਨਾ ਵੀ ਇਸੇ ਲੜੀ ਦਾ ਹਿੱਸਾ ਜਾਪਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਮਨਸ਼ਾ ਅਤੇ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ, ਨਸ਼ਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਆਪੋ-ਆਪਣੇ ਅਸਥਾਨਾਂ ਉੱਤੇ ਸੁਰੱਖਿਆ ਦੇ ਪ੍ਰਬੰਧ ਪੁਖ਼ਤਾ ਰੱਖਣ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੁਰੱਖਿਆ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਕਰਨ ਵਾਲੇ ਪ੍ਰਬੰਧਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਜ਼ਮ ਨੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕੀਤੀ ਅਤੇ ਪ੍ਰਬੰਧਕਾਂ ਨੇ 17 ਨਵੰਬਰ ਤੱਕ ਇਸ ਨੂੰ ਕਥਿਤ ਤੌਰ ਉੱਤੇ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਜਦੋਂ ਦੁਬਾਰਾ 17 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗੁਰੂ ਘਰ ਦੇ ਗ੍ਰੰਥੀ ਸਿੰਘ ਅਤੇ ਸੇਵਾਦਾਰ ਨੇ ਉਸ ਨੂੰ ਫੜ ਕੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਸੰਗਤ ਇਕੱਠੀ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਮੁਲਜ਼ਮ ਹੁਣ ਪੁਲੀਸ ਹਿਰਾਸਤ ਵਿੱਚ ਹੈ ਪਰੰਤੂ ਇਸ ਘਟਨਾ ਵਿੱਚ ਪ੍ਰਬੰਧਕਾਂ ਦੀ ਵੀ ਵੱਡੀ ਅਣਗਹਿਲੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।
