November 21, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੁਰੱਖਿਆ ਤੇ ਤਾਲਮੇਲ ਲਈ ਉੱਚ-ਪੱਧਰੀ ਅੰਤਰ-ਰਾਜੀ ਮੀਟਿੰਗ

ਸੁਰੱਖਿਆ ਤੇ ਤਾਲਮੇਲ ਲਈ ਉੱਚ-ਪੱਧਰੀ ਅੰਤਰ-ਰਾਜੀ ਮੀਟਿੰਗ

ਚੰਡੀਗੜ੍ਹ-  2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲੀਸ ਹੈੱਡਕੁਆਰਟਰ ਵਿਖੇ ਇੱਕ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਗੌਰਵ ਯਾਦਵ ਦੀ ਤਰਫ਼ੋਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ ਈ ਓ) ਅਨਿੰਦਿਤਾ ਮਿੱਤਰਾ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।

ਮੀਟਿੰਗ ਵਿੱਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਯੂ ਟੀ ਚੰਡੀਗੜ੍ਹ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਅਤੇ ਸਟੇਟ ਨੋਡਲ ਅਫ਼ਸਰਾਂ ਸਮੇਤ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂ ਟੀ ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ), ਕੇਂਦਰੀ ਰਿਜ਼ਰਵ ਪੁਲੀਸ ਬਲ (ਸੀ ਆਰ ਪੀ ਐੱਫ), ਰੇਲਵੇ ਸੁਰੱਖਿਆ ਬਲ (ਆਰ ਪੀ ਐੱਫ), ਇੰਟੈਲੀਜੈਂਸ ਬਿਊਰੋ (ਆਈ ਬੀ), ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ), ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐੱਨ ਟੀ ਐੱਫ) ਪੰਜਾਬ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਮੀਟਿੰਗ ਦੌਰਾਨ ਅੰਤਰ-ਰਾਜੀ ਤਾਲਮੇਲ ਨੂੰ ਮਜ਼ਬੂਤ ਕਰਨ, ਕਾਨੂੰਨ ਤੇ ਵਿਵਸਥਾ ਦੀਆਂ ਤਿਆਰੀਆਂ ਲਈ ਸਾਂਝੀ ਰਣਨੀਤੀ ਬਣਾਉਣ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ, ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰ ਨੈੱਟਵਰਕਾਂ ‘ਤੇ ਨਜ਼ਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਨੂੰ ਰੋਕਣ ਅਤੇ ਹੋਰ ਗੈਰ-ਕਾਨੂੰਨੀ ਸਪਲਾਈ ਲੜੀਆਂ ਨੂੰ ਤੋੜਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।

ਅਧਿਕਾਰੀਆਂ ਨੇ ਸਰਹੱਦੀ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ ‘ਤੇ ਨਜ਼ਰ ਰੱਖਣ, ਤਾਲਮੇਲ ਨਾਲ ਕਾਨੂੰਨ ਲਾਗੂ ਕਰਨ ਅਤੇ ਨਾਲ ਲੱਗਦੇ ਅਧਿਕਾਰ ਖੇਤਰਾਂ ਵਿੱਚ ਸਾਂਝੇ ਅਪਰੇਸ਼ਨ ਚਲਾਉਣ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ। ਉੱਭਰ ਰਹੇ ਸੁਰੱਖਿਆ ਖਤਰਿਆਂ ਵਿਰੁੱਧ ਤੇਜ਼ ਅਤੇ ਸਾਂਝੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ ਵਾਲੇ ਸਿਸਟਮ ਨੂੰ ਬਿਹਤਰ ਬਣਾਉਣ, ਕਾਰਵਾਈ ਯੋਗ ਸੂਚਨਾਵਾਂ ਦੇ ਤੁਰੰਤ ਆਦਾਨ-ਪ੍ਰਦਾਨ, ਏਜੰਸੀਆਂ ਵਿਚਾਲੇ ਨਿਰਵਿਘਨ ਤਾਲਮੇਲ, ਸਰਹੱਦਾਂ ‘ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਧਿਕਾਰੀਆਂ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ‘ਤੇ ਵੀ ਜ਼ੋਰ ਦਿੱਤਾ ਗਿਆ।

ਇਸ ਮੀਟਿੰਗ ਦਾ ਮੁੱਖ ਉਦੇਸ਼ ਮੌਜੂਦਾ ਅਪਰੇਸ਼ਨਲ ਖਾਮੀਆਂ ਨੂੰ ਦੂਰ ਕਰਨਾ, ਸੰਸਥਾਗਤ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਚੋਣਾਂ ਨਾਲ ਸਬੰਧਤ ਸੁਰੱਖਿਆ ਚੁਣੌਤੀਆਂ ਦਾ ਢੁਕਵਾਂ ਤੇ ਅਗਾਊਂ ਜਵਾਬ ਦੇਣ ਲਈ ਮਜ਼ਬੂਤ ਅੰਤਰ-ਏਜੰਸੀ ਪ੍ਰਣਾਲੀ ਸਥਾਪਤ ਕਰਨਾ ਸੀ। ਸ਼ਾਮਲ ਏਜੰਸੀਆਂ ਨੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ, ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਅਤੇ ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਵਿਧਾਨ ਸਭਾ ਚੋਣਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

Related posts

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਅੰਮ੍ਰਿਤਸਰ ਪੁੱਜੇ

Current Updates

ਕੈਨੇਡਾ ’ਚ ਲਿਬਰਲ ਪਾਰਟੀ ਆਗੂ ਦੀ ਚੋਣ ਲਈ ਰੂਬੀ ਢੱਲਾ ਦੀ ਮੁੰਹਿਮ ਜ਼ੋਰ ਫੜਨ ਲੱਗੀ

Current Updates

ਅਦਾਕਾਰਾ ਰਾਨਿਆ ਰਾਓ ਨੂੰ 14 ਦਿਨ ਲਈ ਹਿਰਾਸਤ ’ਚ ਭੇਜਿਆ

Current Updates

Leave a Comment