ਸੰਗਰੂਰ- ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਅਦਾਲਤਾਂ ਵਿੱਚ ਲੰਬਿਤ ਪਏ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਵੱਡੀ ਸਹੂਲਤ ਦਿੰਦਿਆਂ ਸ਼ਨਿੱਚਰਵਾਰ ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ, ਜਿਸ ਦੌਰਾਨ ਆਪਸੀ ਸਹਿਮਤੀ ਨਾਲ 52 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ (ਚੈੱਕ ਬਾਊਂਸ ਆਦਿ) ਅਧੀਨ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਸਕੱਤਰ ਆਸ਼ੀਸ਼ ਥਥਈ ਦੀ ਨਿਗਰਾਨੀ ਹੇਠ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਸਮੇਤ ਸੁਨਾਮ, ਧੂਰੀ ਅਤੇ ਮੂਣਕ ਦੀਆਂ ਸਬ-ਡਿਵੀਜ਼ਨਲ ਅਦਾਲਤਾਂ ਵਿੱਚ ਇਹ ਲੋਕ ਅਦਾਲਤ ਲਗਾਈ ਗਈ। ਇਸ ਮੰਤਵ ਲਈ ਸੰਗਰੂਰ ਸੈਸ਼ਨ ਡਿਵੀਜ਼ਨ ਵਿੱਚ ਕੁੱਲ ਪੰਜ ਬੈਂਚ ਗਠਿਤ ਕੀਤੇ ਗਏ ਸਨ ਅਤੇ ਹਰੇਕ ਬੈਂਚ ਦੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਸਹਾਇਤਾ ਲਈ ਦੋ-ਦੋ ਮੈਂਬਰ ਨਿਯੁਕਤ ਕੀਤੇ ਗਏ ਸਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਸੰਗਰੂਰ ਸਥਿਤ ਦਫ਼ਤਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਅਗਲੀ ਕੌਮੀ ਲੋਕ ਅਦਾਲਤ 12 ਦਸੰਬਰ 2026 ਨੂੰ ਲਗਾਈ ਜਾਵੇਗੀ।
