November 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਹਿਮਾਚਲ ’ਚ ਮੁੜ ਸਿੱਖ ਕਕਾਰਾਂ ’ਤੇ ਇਤਰਾਜ਼! ਪਟਵਾਰੀ ਪ੍ਰੀਖਿਆ ’ਚੋਂ ਬਾਹਰ ਕੀਤੀ ਸਿੱਖ ਪ੍ਰੀਖਿਆਰਥੀ; ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ

ਹਿਮਾਚਲ ’ਚ ਮੁੜ ਸਿੱਖ ਕਕਾਰਾਂ ’ਤੇ ਇਤਰਾਜ਼! ਪਟਵਾਰੀ ਪ੍ਰੀਖਿਆ ’ਚੋਂ ਬਾਹਰ ਕੀਤੀ ਸਿੱਖ ਪ੍ਰੀਖਿਆਰਥੀ; ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਵਾਰੀ ਭਰਤੀ ਪ੍ਰੀਖਿਆ ਦੌਰਾਨ ਇੱਕ ਸਿੱਖ ਪ੍ਰੀਖਿਆਰਥੀ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਕੇਂਦਰ ਵਿੱਚ ਬੈਠਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ-ਬਹਿਣੀ ਦਾ ਅਟੁੱਟ ਅੰਗ ਹਨ, ਜਿਨ੍ਹਾਂ ਨੂੰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਤੋਂ ਵੱਖ ਨਹੀਂ ਕਰ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਹਿਜ਼ ਧਾਰਮਿਕ ਚਿੰਨ੍ਹ ਹੀ ਨਹੀਂ, ਸਗੋਂ ਸਿੱਖ ਦੀ ਵਿਲੱਖਣ ਪਛਾਣ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ ਹਨ। ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਆਜ਼ਾਦੀ ਨਾਲ ਪਾਲਣਾ ਕਰਨ ਦਾ ਅਧਿਕਾਰ ਦਿੰਦਾ ਹੈ ਅਤੇ ਕਿਸੇ ਵੀ ਪ੍ਰੀਖਿਆ ਜਾਂ ਭਰਤੀ ਪ੍ਰਕਿਰਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਸੰਵਿਧਾਨਕ ਹੱਕਾਂ ਦੀ ਸ਼ਰ੍ਹੇਆਮ ਉਲੰਘਣਾ ਹੈ।

ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਤੇ ਵਿਸ਼ੇਸ਼ ਮੌਕੇ ਦੀ ਮੰਗ- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿੱਥੇ ਸਿੱਖ ਵਿਦਿਆਰਥੀਆਂ ਨੂੰ ਡੂੰਘੀ ਮਾਨਸਿਕ ਪੀੜਾ ਵਿੱਚੋਂ ਗੁਜ਼ਰਨਾ ਪੈਂਦਾ ਹੈ, ਉੱਥੇ ਹੀ ਉਨ੍ਹਾਂ ਦੇ ਭਵਿੱਖ ਨਾਲ ਵੀ ਖਿਲਵਾੜ ਹੁੰਦਾ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਭਾਵਿਤ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਦੀ ਸਾਲਾਂ ਦੀ ਮਿਹਨਤ ਅਤੇ ਭਵਿੱਖ ਨਾਲ ਨਿਆਂ ਕਰਦਿਆਂ ਉਸ ਨੂੰ ਮੁੜ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਭਰ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਿੱਖ ਧਰਮ ਦੇ ਕਕਾਰਾਂ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ।

Related posts

ਹਰ ਬੱਚੇ ਨੂੰ ਆਪਣਾ ਸਮਝਣਾ ਹੀ ਸੱਚੀ ਮਮਤਾ: ਡੀਸੀ ਸਾਕਸ਼ੀ ਸਾਹਨੀ

Current Updates

ਸਿਡਨੀ: ਅੱਠ ਟਨ ਪਟਾਕਿਆਂ ਨਾਲ ਹੋਵੇਗਾ ਨਵੇਂ ਸਾਲ ਦਾ ਸਵਾਗਤ

Current Updates

ਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂ

Current Updates

Leave a Comment