ਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ, ਨੌਂ ਦੇ ਕਰੀਬ ਜਖ਼ਮੀ
ਵਿਧਾਇਕ ਰਣਬੀਰ ਭੁੱਲਰ, ਡੀ.ਸੀ. ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਨੇ ਮ੍ਰਿਤਕਾਂ ਤੇ ਜਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਿਰੋਜ਼ਪੁਰ:ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ‘ਚ ਤੁਫ਼ਾਨ ਗੱਡੀ ਦੀ ਬੱਸ ਨਾਲ ਹੋਈ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਨੌਂ ਦੇ ਕਰੀਬ ਜਖ਼ਮੀ ਹੋ ਗਏ। ਇਨ੍ਹਾਂ ਜਖ਼ਮੀ ਵਿਅਕਤੀਆਂ ਦਾ ਇਲਾਜ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਅਤੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।
ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਸਿਵਲ ਸਰਜਨ ਡਾ. ਰਾਜਿੰਦਰ ਪਾਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ।
ਸਿਵਲ ਹਸਪਤਾਲ ਵਿਖੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਮ੍ਰਿਤਕਾਂ ਅਤੇ ਜਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਮ੍ਰਿਤਕਾਂ ਦਾ ਪੋਸਟ ਮਾਰਟਮ ਕਰ ਕੇ ਮ੍ਰਿਤਕ ਦੇਹਾਂ ਨੂੰ ਛੇਤੀ ਹੀ ਉਨ੍ਹਾਂ ਦੇ ਘਰ ਪਹੁੰਚਾਇਆ ਜਾਵੇਗਾ ਅਤੇ ਜਖ਼ਮੀਆਂ ਦੇ ਇਲਾਜ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਉਹ ਓਵਰ ਸਪੀਡ ਵਾਹਨਾਂ ਦੀ ਚੈਕਿੰਗ ਕਰਨ ਤੇ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੀ ਸਖ਼ਤ ਕਾਰਵਾਈ ਕਰਨ ਤਾਂ ਜੋ ਅਜਿਹੇ ਦੁੱਖਦਾਈ ਹਾਦਸੇ ਮੁੜ ਨਾ ਵਾਪਰਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਕੰਵਲਜੀਤ ਸਿੰਘ ਧੰਜੂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ੍ਰੀ ਰਾਜੀਵ ਛਾਬੜਾ ਅਤੇ ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।