ਗੁਰਦਾਸਪੁਰ: ਪੰਜਾਬ ਪੁਲਿਸ ਦੇ ASI ਨੇ ਪਤਨੀ ਨੂੰ ਮਾਰੀਆਂ 3 ਤੇ ਬੇਟੇ ਨੂੰ 6 ਗੋਲੀਆਂ, ਪਾਲਤੂ ਕੁੱਤਾ ਵੀ ਮਾਰਿਆ, ਫਰਾਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਅਤੇ ਬੇਟੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਏਐਸਆਈ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ। ਤਿੰਨਾਂ ਨੂੰ ਮਾਰਨ ਤੋਂ ਬਾਅਦ ਮੁਲਜ਼ਮ ਏਐਸਆਈ ਮੌਕੇ ਤੋਂ ਫਰਾਰ ਹੋ ਗਿਆ। ਐਸਐਸਪੀ ਗੁਰਦਾਸਪੁਰ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲੀਸ ਦੇ ਏਐਸਆਈ ਭੁਪਿੰਦਰ ਸਿੰਘ (48) ਨੇ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮੁਲਜ਼ਮ ਏਐਸਆਈ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਨਹੀਂ ਬਖਸ਼ਿਆ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮੁਲਜ਼ਮ ਏਐਸਆਈ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।