ਪੰਜਾਬ ਹਰਿਆਣਾ ਹਾਈਕੋਰਟ ਨੇ CBI ਕੋਰਟ ਦੇ ਫੈਸਲੇ ਨੂੰ ਪਲਟਿਆ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਕਤੂਬਰ 2021 ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਉਣ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਤੋਂ ਬਾਅਦ ਡੇਰਾ ਮੁਖੀ ਨੇ ਕੇਂਦਰੀ ਜਾਂਚ ਬਿਊਰੋ ਅਤੇ ਹੋਰ ਪ੍ਰਤੀਵਾਦੀਆਂ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।
ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਵਿੱਚ ਅਵਤਾਰ ਸਿੰਘ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਅਤੇ ਸਬਦਿਲ ਸਿੰਘ ਸ਼ਾਮਲ ਹਨ। ਇਸ ਦੇ ਨਾਲ ਹੀ ਮੁਕੱਦਮੇ ਦੌਰਾਨ ਹੀ ਇਕ ਦੋਸ਼ੀ ਦੀ ਮੌਤ ਹੋ ਗਈ। ਹਾਲਾਂਕਿ ਪੱਤਰਕਾਰ ਨਾਲ ਬਲਾਤਕਾਰ ਅਤੇ ਹੱਤਿਆ ਮਾਮਲੇ ‘ਚ ਰਾਮ ਰਹੀਮ ਦੀ ਅਪੀਲ ਹਾਈ ਕੋਰਟ ‘ਚ ਅਜੇ ਵੀ ਪੈਂਡਿੰਗ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ। ਮਾਮਲਾ 2002 ਦਾ ਹੈ ਸਾਲ 2002 ਵਿੱਚ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਨੂੰ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਪੁਲੀਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਸਿੰਘ ਦੇ ਪੁੱਤਰ ਨੇ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਅਤੇ 2021 ਵਿੱਚ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਇਸ ਮਾਮਲੇ ਵਿੱਚ ਅਦਾਲਤ ਨੇ 2007 ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਆਪਣੀਆਂ ਦੋ ਵਿਦਿਆਰਥਣਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। 2021 ਵਿੱਚ, ਡੇਰਾ ਮੁਖੀ ਨੂੰ ਰਣਜੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਲਈ ਚਾਰ ਹੋਰਾਂ ਸਮੇਤ ਦੋਸ਼ੀ ਠਹਿਰਾਇਆ ਗਿਆ ਸੀ।