December 27, 2025
ਪੰਜਾਬ

ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ

ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ
ਮੁਬਾਰਿਕਪੁਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।
ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਰਤੀ ਦੀ ਸੇਵਾ ਕਰਨ ਲਈ ਲੋਕਾਂ ਵੱਲੋਂ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, “ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਹਰ ਕਿਸੇ ਦੀਆਂ ਅੱਖਾਂ ਨੂੰ ਸਕੂਨ ਦਿੰਦੀਆਂ ਹਨ, ਏਸੇ ਲਈ ਲੋਕ ਇਨ੍ਹਾਂ ਨੂੰ ਦੇਖਣ ਲਈ ਤਤਪਰ ਹੁੰਦੇ ਹਨ। ਇਸੇ ਤਰ੍ਹਾਂ ਹਰੇਕ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧਰਮ ਸਾਨੂੰ ਸਾਦਾ ਜੀਵਨ, ਉੱਚੀ ਸੋਚ ਅਤੇ ਅਹਿੰਸਾ ਦੇ ਸਿਧਾਂਤ ਨੂੰ ਅਧਿਆਤਮਿਕਤਾ ਦੇ ਮਾਰਗ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਉਪਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਦੀਵੀ ਸੰਦੇਸ਼ ਵਿਸ਼ਵ-ਵਿਆਪੀ ਭਾਈਚਾਰਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਹੈ ਜੋ ਮੌਜੂਦਾ ਭੌਤਿਕਵਾਦੀ ਸਮਾਜ ਦੇ ਸੰਦਰਭ ਵਿੱਚ ਅੱਜ ਵੀ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਅਜਿਹੇ ਸਮਾਗਮ ਸਾਡੇ ਲਈ ਬਹੁਤ ਮਹੱਤਵ ਰੱਖਦੇ ਹਨ ਕਿਉਂਕਿ ਇਹ ਆਪਣੇ ਆਪ ਨੂੰ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਸਾਡੀਆਂ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਜੋ ਸਮੁੱਚੀ ਮਾਨਵਤਾ ਨੂੰ ਇਕ ਮਾਲਾ ਵਿੱਚ ਪਰੋ ਕੇ ਰੱਖਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਅਧਿਆਤਮਕ ਅਤੇ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਸੂਬੇ ‘ਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
ਜੈਨ ਭਾਈਚਾਰੇ ਨਾਲ ਆਪਣੀ ਪੁਰਾਣੀ ਸਾਂਝ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਜੈਨ ਭਾਈਚਾਰੇ ਦੇ ਸੰਤਾਂ ਦੇ ਆਸ਼ੀਰਵਾਦ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਖੇਤਰ ਵਿੱਚ ਅਤਿ ਆਧੁਨਿਕ ਹਸਪਤਾਲ ਸਥਾਪਤ ਕਰਨ ਲਈ ਭਾਈਚਾਰੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੂਰੇ ਉੱਤਰੀ ਖਿੱਤੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ।

Related posts

ਮੀਂਹ ਨਾਲ ਗਰਮੀ ਤੋਂ ਰਾਹਤ ਪਰ ਕਿਸਾਨਾਂ ਲਈ ਬਣਿਆ ਆਫ਼ਤ

Current Updates

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

Current Updates

ਤੇਰਾਂ ਕਿਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

Current Updates

Leave a Comment