ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ ਗਏ ‘ਸੰਵਿਧਾਨ ਦਿਵਸ’ ਸਮਾਰੋਹ ਦੇ ਮੌਕੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਇਕ ਜ਼ਿੰਦਾ-ਜਾਗਦਾ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ।
ਰਾਸ਼ਟਰਪਤੀ ਨੇ ਕਿਹਾ, “ਸਾਡਾ ਸੰਵਿਧਾਨ ਇੱਕ ਜ਼ਿੰਦਾ-ਜਾਗਦਾ ਅਤੇ ਪ੍ਰਗਤੀਸ਼ੀਲ ਦਸਤਾਵੇਜ਼ ਹੈ। ਆਪਣੇ ਇਸ ਸੰਵਿਧਾਨ ਰਾਹੀਂ ਅਸੀਂ ਸਮਾਜਿਕ ਨਿਆਂ ਅਤੇ ਸਰਬ-ਸਾਂਝੇ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ।’’ ਰਾਸ਼ਟਰਪਤੀ ਮੁਰਮੂ ਨੇ ਇਸ ਮੌਕੇ ਭਾਰਤੀ ਸੰਵਿਧਾਨ ਨਾਲ ਸਬੰਧਤ ਦੋ ਕਿਤਾਬਾਂ ਵੀ ਰਿਲੀਜ਼ ਕੀਤੀਆਂ।
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੰਸਦ ਦੇ ਸੰਵਿਧਾਨ ਸਦਨ ਵੱਲ ਵਧਦੇ ਹੋਏ।
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੰਸਦ ਦੇ ਸੰਵਿਧਾਨ ਸਦਨ ਵੱਲ ਵਧਦੇ ਹੋਏ।
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਇਸ ਮੌਕੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦੀ ਇਕ ਟਿੱਪਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇ ਪਾਰਟੀਆਂ ਵੱਲੋਂ ਦੇਸ਼ ਤੇ ਸੰਵਿਧਾਨ ਨਾਲੋਂ ਆਪਣੇ ਧਰਮ ਤੇ ਜਾਤ-ਭਾਈਚਾਰਿਆਂ ਨੂੰ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ “ਸਾਡੀ ਆਜ਼ਾਦੀ ਦੂਜੀ ਵਾਰ ਖ਼ਤਰੇ ਵਿਚ ਪੈ ਜਾਵੇਗੀ” ਸਮਾਗਮ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਇਹ ਵੀ ਖ਼ਬਰਦਾਰ ਕੀਤਾ ਕਿ ਸੰਸਦ ਵਿਚ ਇੱਕ ਰਣਨੀਤੀ ਵਜੋਂ ਹੰਗਾਮਾ ਕੀਤਾ ਜਾਣਾ ਵੀ ਸਾਡੀਆਂ ਜਮਹੂਰੀ ਸੰਸਥਾਵਾਂ ਲਈ ਖ਼ਤਰਨਾਕ ਹੈ। ਧਨਖੜ ਨੇ ਕਿਹਾ, “ਸਾਡੇ ਲੋਕਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਕਰਨ ਲਈ ਉਸਾਰੂ ਗੱਲਬਾਤ, ਬਹਿਸ ਅਤੇ ਸਾਰਥਕ ਚਰਚਾ ਰਾਹੀਂ ਸਾਡੇ ਲੋਕਤੰਤਰੀ ਮੰਦਰਾਂ ਦੀ ਪਵਿੱਤਰਤਾ ਨੂੰ ਬਹਾਲ ਕਰਨ ਦਾ ਸਮਾਂ ਆ ਗਿਆ ਹੈ।”
ਉਨ੍ਹਾਂ ਕਿਹਾ, “ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਬੁਨਿਆਦੀ ਫਰਜ਼ਾਂ – ਰਾਸ਼ਟਰੀ ਪ੍ਰਭੂਸੱਤਾ ਦੀ ਰਾਖੀ ਕਰਨਾ, ਏਕਤਾ ਨੂੰ ਵਧਾਉਣਾ, ਰਾਸ਼ਟਰੀ ਹਿੱਤਾਂ ਨੂੰ ਤਰਜੀਹ ਦੇਣਾ ਅਤੇ ਆਪਣੇ ਵਾਤਾਵਰਣ ਦੀ ਹਿਫ਼ਾਜ਼ਤ ਕਰਨਾ – ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੋਈਏ।… ਸਾਨੂੰ ਹਮੇਸ਼ਾ ਆਪਣੇ ਰਾਸ਼ਟਰ ਨੂੰ ਪਹਿਲ ਦੇਣੀ ਚਾਹੀਦੀ ਹੈ। ਸਾਨੂੰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚੌਕਸ ਰਹਿਣ ਦੀ ਜ਼ਰੂਰਤ ਹੈ।’’