ਪਟਿਆਲਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦਾ ਆਦੇਸ਼ ਜਾਰੀ ਕਰਨ ਦੀ ਅਪੀਲ ਕਰਨ ਵਾਲੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਦਾ ਹਮਦਰਦੀ ਲਈ ਧੰਨਵਾਦ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਸਿੰਘ ਸਾਹਿਬਾਨ ਦੀ ਬਜਾਏ ਉਹ ਪ੍ਰਧਾਨ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਉੱਪਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਜ਼ੋਰ ਪਾਉਣ।
ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਜੇ ਮੰਗਾਂ ਮੰਨੀਆਂ ਜਾਂਦੀਆਂ ਹਨ, ਤਾਂ ਉਹ ਮਰਨ ਵਰਤ ਖਤਮ ਕਰ ਦੇਣਗੇ, ਕਿਉਂਕਿ ਉਹਨਾਂ ਨੂੰ ਮਰਨ ਵਰਤ ਰੱਖਣ ਜਾਂ ਕਿਸਾਨਾਂ ਨਾਲ ਸੜਕਾਂ ‘ਤੇ ਬੈਠਣ ਦਾ ਕੋਈ ਸ਼ੌਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਹੀ ਅਜਿਹਾ ਕਰਨ ਲਈ ਮਜਬੂਰ ਹਨ।
ਜ਼ਿਕਰਯੋਗ ਹੈ ਕਿ ਭਾਜਪਾ ਆਗੂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਖਤਮ ਕਰਨ ਲਈ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਸੀ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਏਕਤਾ ਕਮੇਟੀ ਵੱਲੋਂ ਦੇ ਵੀ ਅੱਜ ਕਿਸਾਨ ਜਥੇਬੰਦੀਆਂ ਦੇ ਏਕੇ ਦਾ ਮਤਾ ਲੈ ਕੇ ਢਾਬੀ ਗੁਜਰਾਂ/ਖਨੌਰੀ ਤੇ ਸ਼ੰਭੂ ਬਾਰਡਰ ਵਿਖੇ ਪੁੱਜਣ ਦੀ ਖ਼ਬਰ ਹੈ। ਗ਼ੌਰਤਲਬ ਹੈ ਕਿ ਇਸ ਕਮੇਟੀ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ ਤੇ ਕ੍ਰਿਸ਼ਨਾ ਪ੍ਰਸਾਦ ਸ਼ਾਮਲ ਹਨ।