ਪੰਜਾਬ –ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਖੇਤਰੀ ਸਮੱਸਿਆ ਨਹੀਂ ਹੈ, ਸਗੋਂ ਇਕ ਰਾਸ਼ਟਰੀ ਸੰਕਟ ਹੈ। ਇਹ ਪੰਜਾਬ ਵਿੱਚ ਚਿੰਤਾਜਨਕ ਵਿਸ਼ਾ ਹੈ। ਨਸ਼ਿਆਂ ਵਿਰੁੱਧ ਇਹ ਜੰਗ ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨਾਂ ਨਾਲ ਹੀ ਜਿੱਤੀ ਜਾ ਸਕਦੀ ਹੈ, ਜਿਸ ਵਿੱਚ ਸਰਕਾਰ, ਸਮਾਜਿਕ ਸੰਸਥਾਵਾਂ, ਵਿਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ ਨੂੰ ਸ਼ਾਮਲ ਹੋਣਾ ਪਵੇਗਾ। ਇਹ ਪ੍ਰਗਟਾਵਾ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਜੋਸ਼ੀ ਫਾਊਂਡੇਸ਼ਨ, ਖੰਨਾ ਫਾਊਂਡੇਸ਼ਨ, ਗਰੇਵਾਲ ਫਾਊਂਡੇਸ਼ਨ ਤੇ ਸਾਂਪਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਸਿੱਖਿਆ ਸ਼ਾਸਤਰੀਆਂ ਨਾਲ ਨਸ਼ਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਰਾਜਪਾਲ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਵਰਗੇ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਸਮਾਜਿਕ ਬੁਰਾਈ ਵਿਰੁੱਧ ਸਮੂਹਿਕ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਜਨਤਕ ਮਾਰਚ ਅਤੇ ਸਮਾਜ-ਸੰਚਾਲਿਤ ਮੁਹਿੰਮਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਸ੍ਰੀ ਕਟਾਰੀਆ ਨੇ ਮੌਜੂਦਾ ਸਮੇਂ ਸਿੰਥੈਟਿਕ ਨਸ਼ਿਆਂ ਦੀ ਵਰਤੋਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਨਸ਼ੇ ਰਵਾਇਤੀ ਨਸ਼ਿਆਂ ਨਾਲੋਂ ਵਧੇਰੇ ਜਾਨਲੇਵਾ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਸਕੂਲਾਂ ਨੂੰ ਇਸ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨਸ਼ਾ ਪੀੜਤਾਂ ਨੂੰ ਦਰਕਿਨਾਰ ਕਰਨ ਦੀ ਬਜਾਏ, ਸਾਨੂੰ ਉਨ੍ਹਾਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਲਈ ਪਿਆਰ ਅਤੇ ਸਵੀਕਾਰਤਾ ਨਾਲ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ। ਇਸ ਪ੍ਰੋਗਰਾਮ ਵਿੱਚ 50 ਯੂਨੀਵਰਸਿਟੀਆਂ, ਸਕੂਲਾਂ ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਦੇ ਸਿੱਖਿਆ ਸ਼ਾਸਤਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਵਿਨੀਤ ਜੋਸ਼ੀ ਫਾਊਂਡੇਸ਼ਨ ਦੇ ਸੰਸਥਾਪਕ ਵਿਨੀਤ ਜੋਸ਼ੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਕਾਊਂਸਲਿੰਗ ਪ੍ਰੋਗਰਾਮ ਸ਼ੁਰੂ ਕਰਨ ਦਾ ਸੱਦਾ-ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ’ਤੇ ਅਧਿਆਪਕ ਕਾਉਂਸਲਿੰਗ ਪ੍ਰੋਗਰਾਮ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਚੁਣੌਤੀਆਂ ਦੇ ਬਾਵਜੂਦ ਦ੍ਰਿੜ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਆਸ ਪ੍ਰਗਟਾਈ ਕਿ ਨਿਰੰਤਰ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਜਾਗਰੂਕਤਾ, ਸਿੱਖਿਆ ਅਤੇ ਭਾਈਚਾਰਕ ਸ਼ਮੂਲੀਅਤ ’ਤੇ ਧਿਆਨ ਕੇਂਦ੍ਰਤ ਕਰਦਿਆਂ ਨਸ਼ਾ ਪੀੜਤਾਂ ਪ੍ਰਤੀ ਹਮਦਰਦੀ ਵਾਲੀ ਅਤੇ ਵਿਆਪਕ ਪਹੁੰਚ ਅਪਣਾਉਣ ਦੀ ਅਪੀਲ ਕੀਤੀ।